ਹੁਸ਼ਿਆਰਪੁਰ, 28 ਮਾਰਚ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਦੇ ਪਿੰਡ ਮਰਨਾਈਆਂ 'ਚ ਕਥਿਤ ਤੌਰ 'ਤੇ ਕੁਝ ਅਣਪਛਾਤੇ ਲੋਕਾਂ ਦਾ ਪਿੱਛਾ ਕਰ ਰਹੀ ਪੁਲਿਸ ਨੂੰ ਵੇਖ ਕੇ ਗੱਡੀ ਛੱਡ ਕੇ ਭੱਜੇ ਸ਼ੱਕੀਆਂ ਦਾ ਪਤਾ ਲਗਾਉਣ ਲਈ ਪੁਲਿਸ ਨੇ ਸਾਰੇ ਪਿੰਡ ਦੇ ਆਸ-ਪਾਸ ਦੇ ਇਲਾਕੇ ਨੂੰ ਪੂਰੀ ਤਰ੍ਹਾਂ ਨਾਲ ਸੀਲ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਪੁਲਿਸ ਨੇ ਸ਼ੱਕੀਆਂ ਵਲੋਂ ਵਰਤੀ ਗਈ ਇਕ ਇਨੋਵਾ ਗੱਡੀ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਫਗਵਾੜਾ ਵਲੋਂ ਆਈ ਇਕ ਇਨੋਵਾ ਗੱਡੀ, ਜਿਸ 'ਚ ਦੋ ਨੌਜਵਾਨ ਸਵਾਰ ਸਨ, ਪੁਲਿਸ ਨੂੰ ਪਿੱਛਾ ਕਰਦਿਆਂ ਵੇਖ ਕੇ ਪਿੰਡ ਮਰਨਾਈਆਂ 'ਚ ਇਕ ਗੁਰਦੁਆਰਾ ਸਾਹਿਬ ਦੇ ਕੋਲ ਗੱਡੀ ਛੱਡ ਕੇ ਫਰਾਰ ਹੋ ਗਏ। ਜਿਸ ਤੋਂ ਬਾਅਦ ਪੁਲਿਸ ਨੇ ਸਾਰਾ ਇਲਾਕਾ ਸੀਲ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਖ਼ਬਰ ਲਿਖੇ ਜਾਣ ਤੱਕ ਹਰ ਘਰ ਦੀ ਤਲਾਸ਼ੀ ਲਈ ਜਾ ਰਹੀ ਸੀ। ਮਾਮਲੇ ਦਾ ਪਤਾ ਲੱਗਦਿਆਂ ਹੀ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਤੇ ਹੋਰ ਵੱਡੀ ਗਿਣਤੀ 'ਚ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ।
ਨਵੀਂ ਦਿੱਲੀ, 28 ਮਾਰਚ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਥੇ ਭਾਜਪਾ ਹੈੱਡਕੁਆਰਟਰ ਦੇ ਵਿਸਥਾਰ (ਐਕਸਟੈਂਸ਼ਨ) ਦਾ ਉਦਘਾਟਨ ਕਰਨ ਤੋਂ ਬਾਅਦ ਕਿਹਾ ਕਿ ਆਜ਼ਾਦ ਭਾਰਤ ਦੇ ਇਤਿਹਾਸ ਵਿਚ ਪਹਿਲਾਂ ਕਦੇ ਵੀ ਭ੍ਰਿਸ਼ਟਾਚਾਰ ਵਿਰੁੱਧ ਇੰਨੀ ਵੱਡੀ ਮੁਹਿੰਮ ਨਹੀਂ ਚੱਲੀ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ 'ਚ ਸ਼ਾਮਿਲ ਸਾਰੇ ਲੋਕ ਇਕ ਮੰਚ 'ਤੇ ਆ ਗਏ ਹਨ। ਪ੍ਰਧਾਨ ਮੰਤਰੀ ਨੇ 1984 ਵਿਚ ਭਾਜਪਾ ਦੀਆਂ ਦੋ ਲੋਕ ਸਭਾ ਸੀਟਾਂ ਤੋਂ 2019 ਵਿਚ 303 ਤੱਕ ਦੇ ਸਫ਼ਰ 'ਤੇ ਵੀ ਚਰਚਾ ਕੀਤੀ। ਉਨ੍ਹਾਂ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਹੋਏ ਸਿੱਖ ਕਤਲੇਆਮ ਦੇ ਸਪਸ਼ਟ ਸੰਦਰਭ 'ਚ ਕਿਹਾ ਕਿ ਇਹ ਇਕ ਕਾਲਾ ਅਧਿਆਏ ਸੀ, ਜਿਸ ਨੂੰ ਦੇਸ਼ ਭੁੱਲ ਨਹੀਂ ਸਕੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਭਾਵਨਾਤਮਕਤਾ ਕਾਰਨ ਉਸ ਸਮੇਂ ਦੀਆਂ ਚੋਣਾਂ ਵਿਚ ਇਤਿਹਾਸਕ ਫਤਵਾ ਹਾਸਲ ਕੀਤਾ ਸੀ, ਜਦੋਂਕਿ ਭਾਜਪਾ ਕਿਧਰੇ ਨਜ਼ਰ ਨਹੀਂ ਆ ਰਹੀ ਸੀ ਪਰ ਇਸ ਨੇ ਉਮੀਦ ਨਹੀਂ ਛੱਡੀ ਅਤੇ ਦੂਜਿਆਂ 'ਤੇ ਦੋਸ਼ ਨਹੀਂ ਲਗਾਏ। 2002 ਦੇ ਗੁਜਰਾਤ ਦੰਗਿਆਂ ਦੀ ਜਾਂਚ ਦੇ ਸੰਦਰਭ ਵਿਚ ਜਦੋਂ ਉਹ ਸੂਬੇ ਦੇ ਮੁੱਖ ਮੰਤਰੀ ਸਨ, ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਜੇਲ੍ਹ ਭੇਜਣ ਲਈ ਬਹੁਤ ਸਾਰੀਆਂ ਸਾਜਿਸ਼ਾਂ ਰਚੀਆਂ ਗਈਆਂ ਸਨ। ਉਨ੍ਹਾਂ ਭਾਜਪਾ ਦੇ ਖ਼ਿਲਾਫ਼ ਇਕੱਠੀਆਂ ਹੋ ਰਹੀਆਂ ਵਿਰੋਧੀ ਪਾਰਟੀਆਂ ਨੂੰ ਭ੍ਰਿਸ਼ਟਾਚਾਰ ਖ਼ਿਲਾਫ਼ ਆਪਣੀ ਸਰਕਾਰ ਦੀ ਮੁਹਿੰਮ ਨਾਲ ਜੋੜਦਿਆਂ ਕਿਹਾ ਕਿ ਭ੍ਰਿਸ਼ਟਾਚਾਰ 'ਤੇ ਨਕੇਲ ਕੱਸਣ ਦਾ ਕੰਮ ਜਾਰੀ ਰਹੇਗਾ।
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)-ਬਜਟ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵਲੋਂ 'ਅਜੀਤ' ਅਖ਼ਬਾਰ ਨਾਲ ਕੀਤੇ ਜਾਣ ਵਾਲੇ ਵਿਤਕਰੇ ਅਤੇ ਜੰਗ-ਏ-ਆਜ਼ਾਦੀ ਯਾਦਗਾਰ 'ਤੇ ਸਰਕਾਰੀ ਸ਼ਹਿ 'ਤੇ ਵਿਜੀਲੈਂਸ ਵਿਭਾਗ ਵਲੋਂ ਵਾਰ-ਵਾਰ ਪ੍ਰਬੰਧਕਾਂ ਨੂੰ ਤੰਗ ਪ੍ਰੇਸ਼ਾਨ ਕੀਤੇ ਜਾਣ ਦੀ ਨਿਖੇਧੀ ਕਰਨ ਤੋਂ ਇਲਾਵਾ ਸਿੱਖ ਮਾਮਲਿਆਂ ਨਾਲ ਸੰਬੰਧਿਤ ਅਹਿਮ ਮਤੇ ਪੇਸ਼ ਕੀਤੇ ਗਏ ਹਨ, ਜਿਨ੍ਹਾਂ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ।
ਹਰਕਵਲਜੀਤ ਸਿੰਘ
ਚੰਡੀਗੜ੍ਹ, 28 ਮਾਰਚ-ਪੰਜਾਬ ਸਰਕਾਰ ਵਲੋਂ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਵਿਰੁੱਧ ਸ਼ੁਰੂ ਕੀਤੀ ਗਈ ਕਾਰਵਾਈ ਅਤੇ ਸੂਬੇ ਭਰ ਵਿਚ ਹੋ ਰਹੀ ਸਿੱਖ ਨੌਜਵਾਨਾਂ ਦੀ ਵੱਡੇ ਪੱਤਰ 'ਤੇ ਫੜੋ-ਫੜੀ 'ਤੇ ਵਿਚਾਰ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਿੱਖ ਸੰਸਥਾਵਾਂ ਦੀ ਸੱਦੀ ਮੀਟਿੰਗ ਤੋਂ ਬਾਅਦ ਸਰਕਾਰ ਨੂੰੂ ਗ੍ਰਿਫ਼ਤਾਰ ਨੌਜਵਾਨਾਂ ਨੂੰ 24 ਘੰਟੇ ਵਿਚ ਰਿਹਾਅ ਕਰਨ ਦਾ ਜੋ ਅਲਟੀਮੇਟਮ ਦਿੱਤਾ ਗਿਆ ਸੀ, ਉਸ ਨੂੰ ਸਰਕਾਰ ਵਲੋਂ ਰੱਦ ਕਰ ਦਿੱਤੇ ਜਾਣ ਨਾਲ ਸੂਬੇ ਵਿਚ ਟਕਰਾਅ ਵਾਲੀ ਸਥਿਤੀ ਪੈਦਾ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਲਟੀਮੇਟਮ ਦੇ 24 ਘੰਟੇ ਦਾ ਸਮਾਂ ਪੂਰਾ ਹੋਣ ਤੋਂ ਬਾਅਦ ਅੱਜ ਸ਼ਾਮ ਇਕ ਟਵੀਟ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕਿਹਾ ਕਿ ਸਭ ਨੂੰ ਪਤਾ ਹੈ ਕਿ ਤੁਸੀਂ ਤੇ ਸ਼੍ਰੋਮਣੀ ਕਮੇਟੀ ਬਾਦਲਾਂ ਦਾ ਪੱਖ ਪੂਰਦੇ ਰਹੇ ਹੋ। ਇਤਿਹਾਸ ਦੇਖੋ ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ। ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗ਼ਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਲਈ ਜਾਰੀ ਕਰਦੇ ਨਾ ਕਿ ਹੱਸਦੇ-ਵੱਸਦੇ ਪੰਜਾਬ ਨੂੰ ਭੜਕਾਉਣ ਲਈ ਪਰ ਮੁੱਖ ਮੰਤਰੀ ਵਲੋਂ ਆਪਣੇ ਟਵੀਟ ਦੌਰਾਨ ਸਿੱਖ ਨੌਜਵਾਨਾਂ ਦੀ ਵੱਡੇ ਪੱਧਰ 'ਤੇ ਫੜੋ-ਫੜੀ ਅਤੇ ਕੁਝ ਨੂੰ ਕੌਮੀ ਸੁਰੱਖਿਆ ਐਕਟ (ਐਨ.ਐਸ.ਏ.) ਅਧੀਨ ਆਸਾਮ ਦੀਆਂ ਜੇਲ੍ਹਾਂ ਵਿਚ ਬੰਦ ਕਰਨ ਦੇ ਮੁੱਦੇ 'ਤੇ ਕੋਈ ਟਿੱਪਣੀ ਨਹੀਂ ਕੀਤੀ ਗਈ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਦਾ ਇਹ ਟਵੀਟ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਰਾਇ ਤੋਂ ਬਾਅਦ ਜਾਰੀ ਕੀਤਾ ਗਿਆ। ਕੇਜਰੀਵਾਲ ਵਲੋਂ ਬੀਤੇ ਦਿਨ ਜਲੰਧਰ ਫੇਰੀ ਦੌਰਾਨ ਵੀ ਪੰਜਾਬ ਵਿਚ ਚੱਲ ਰਹੀ ਪੁਲਿਸ ਕਾਰਵਾਈ ਦਾ ਸਮਰਥਨ ਕਰਦਿਆਂ ਸਖ਼ਤ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਵੀ ਮੁੱਖ ਮੰਤਰੀ ਦੇ ਟਵੀਟ ਤੋਂ ਬਾਅਦ ਕੀਤੇ ਟਵੀਟ ਵਿਚ ਸਪੱਸ਼ਟ ਕੀਤਾ ਕਿ ਭਗਵੰਤ ਮਾਨ ਜੀ ਜਿਵੇਂ ਤੁਸੀਂ ਪੰਜਾਬ ਦੀ ਨੁਮਾਇੰਦਗੀ ਕਰਦੇ ਹੋ, ਉਸੇ ਤਰ੍ਹਾਂ ਮੈਂ ਵੀ ਆਪਣੀ ਕੌਮ ਦਾ ਨਿਮਾਣਾ ਜਿਹਾ ਨੁਮਾਇੰਦਾ ਹਾਂ। ਮੈਨੂੰ ਆਪਣੀ ਕੌਮ ਦੇ ਨਿਰਦੋਸ਼ ਨੌਜਵਾਨਾਂ ਦੇ ਹੱਕਾਂ ਦੀ ਗੱਲ ਕਰਨ ਦਾ ਅਧਿਕਾਰ ਹੈ ਅਤੇ ਮੇਰਾ ਫ਼ਰਜ਼ ਵੀ ਹੈ। ਤੁਸੀਂ ਠੀਕ ਕਿਹਾ ਅਕਸਰ ਹੀ ਭੋਲੇ-ਭਾਲੇ ਧਾਰਮਿਕ ਲੋਕਾਂ ਨੂੰ ਰਾਜਨੀਤਕ ਲੋਕ ਵਰਤ ਜਾਂਦੇ ਹਨ ਪਰ ਮੈਂ ਇਸ ਪੱਖੋਂ ਪੂਰਾ ਸੁਚੇਤ ਹਾਂ ਪਰ ਤੁਸੀਂ ਧਿਆਨ ਰੱਖੋ ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਪੰਜਾਬ ਨੂੰ ਤੰਦੂਰ ਵਾਂਗ ਮਘਦਾ ਰੱਖਣ ਲਈ ਤੁਹਾਡੇ ਵਰਗੇ ਰਾਜਨੀਤਕਾਂ ਨੂੰ ਰਾਜਨੀਤਕ ਲੋਕ ਨਾ ਵਰਤ ਜਾਣ। ਰਾਜਨੀਤੀ ਲਈ ਸੰਵਾਦ ਬਾਅਦ ਵਿਚ ਕਰਾਂਗੇ। ਪਹਿਲਾਂ ਆਓ ਰਲ ਕੇ ਪੰਜਾਬ ਬਚਾਈਏ ਅਤੇ ਘਰ ਉਡੀਕ ਰਹੀਆਂ ਮਾਵਾਂ ਨੂੰ ਉਨ੍ਹਾਂ ਦੇ ਜੇਲ੍ਹੀਂ ਡੱਕੇ ਨਿਰਦੋਸ਼ ਪੁੱਤਰਾਂ ਨਾਲ ਮਿਲਾਈਏ ਅਤੇ ਅਸੀਸ ਲਈਏ। ਵਾਹਿਗੁਰੂ ਭਲੀ ਕਰੇ। ਵਰਨਣਯੋਗ ਹੈ ਕਿ ਮੁੱਖ ਮੰਤਰੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਸੰਬੰਧੀ ਦੂਸ਼ਣਬਾਜ਼ੀ ਕੀਤੀ ਗਈ ਹੈ, ਉਸ ਦਾ ਜਥੇਦਾਰ ਸ੍ਰੀ ਅਕਾਲ ਤਖ਼ਤ ਵਲੋਂ ਕੋਈ ਨੋਟਿਸ ਨਹੀਂ ਲਿਆ ਗਿਆ ਅਤੇ ਨਾ ਹੀ ਅਜੇ ਸੂਬੇ ਦੇ ਲੋਕਾਂ ਨੂੰ ਜਾਗਰੂਕ ਕਰਨ ਸੰਬੰਧੀ ਲੋਕ ਲਹਿਰ ਦਾ ਕੋਈ ਪ੍ਰੋਗਰਾਮ ਜਾਰੀ ਕੀਤਾ ਹੈ। ਸੂਤਰਾਂ ਅਨੁਸਾਰ ਸਰਕਾਰ ਵਲੋਂ ਸੰਵਾਦ ਦੀ ਥਾਂ ਟਕਰਾਅ ਦਾ ਰਸਤਾ ਚੁਣ ਲੈਣ ਕਾਰਨ ਹੁਣ ਸਿੰਘ ਸਾਹਿਬ ਵਲੋਂ ਛੇਤੀ ਹੀ ਸਰਕਾਰ ਦੀ ਦਮਨਕਾਰੀ ਨੀਤੀ ਵਿਰੁੱਧ ਲੋਕ ਲਹਿਰ ਖੜ੍ਹੀ ਕਰਨ ਦੇ ਪ੍ਰੋਗਰਾਮ ਦਾ ਐਲਾਨ ਵੀ ਛੇਤੀ ਹੀ ਕਰ ਦਿੱਤਾ ਜਾਵੇਗਾ।
ਚੰਡੀਗੜ੍ਹ, 28 ਮਾਰਚ (ਪੀ. ਟੀ. ਆਈ.)-ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਹਿਯੋਗੀ ਪਪਲਪ੍ਰੀਤ ਸਿੰਘ ਦੀ ਮੰਗਲਵਾਰ ਨੂੰ ਸੋਸ਼ਲ ਮੀਡੀਆ 'ਤੇ ਇਕ ਨਵੀਂ ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ ਖ਼ਾਲਿਸਤਾਨ ਪੱਖੀ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਨੂੰ ਬਿਨਾ ਪੱਗ ਦੇ ਦੇਖਿਆ ਜਾ ਸਕਦਾ ਹੈ। ਅਣਪਛਾਤੇ ਸੀ.ਸੀ.ਟੀ.ਵੀ. ਦੀ ਫੁਟੇਜ, ਜੋ ਕਿ ਦਿੱਲੀ ਦੇ ਇਕ ਬਾਜ਼ਾਰ ਦੀ ਦੱਸੀ ਜਾਂਦੀ ਹੈ, ਵਿਚ ਅੰਮ੍ਰਿਤਪਾਲ ਨੂੰ ਕਾਲੇ ਚਸ਼ਮੇ ਪਹਿਨੇ ਅਤੇ ਮਾਸਕ ਲਗਾਈ ਇਕ ਬਾਜ਼ਾਰ ਵਿਚੋਂ ਲੰਘਦਾ ਦਿਖਾਈ ਦਿੰਦਾ ਹੈ, ਜਦੋਂਕਿ ਉਸ ਦੇ ਪਿੱਛੇ ਪਪਲਪ੍ਰੀਤ ਸਿੰਘ ਵੀ ਬੈਗ ਲੈ ਕੇ ਜਾਂਦਾ ਦੇਖਿਆ ਜਾ ਸਕਦਾ ਸੀ। ਤਾਜ਼ਾ ਫੁਟੇਜ 'ਤੇ ਪੰਜਾਬ ਪੁਲਿਸ ਦਾ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਪਪਲਪ੍ਰੀਤ ਸਿੰਘ ਨੂੰ ਅੰਮ੍ਰਿਤਪਾਲ ਸਿੰਘ ਦਾ ਮਾਰਗਦਰਸ਼ਕ ਦੱਸਿਆ ਜਾ ਰਿਹਾ ਹੈ। ਉਹ ਕਥਿਤ ਤੌਰ 'ਤੇ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈ.ਐਸ.ਆਈ. ਦੇ ਸੰਪਰਕ ਵਿਚ ਸੀ। ਪੁਲਿਸ ਨੇ ਦੱਸਿਆ ਕਿ 18 ਮਾਰਚ ਤੋਂ 'ਵਾਰਿਸ ਪੰਜਾਬ ਦੇ' ਜਥੇਬੰਦੀ ਖ਼ਿਲਾਫ਼ ਕਾਰਵਾਈ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਹਨ।
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗੈਰ-ਕਾਨੂੰਨੀ ਹਿਰਾਸਤ ਵਿਚ ਰੱਖਣ ਦੇ ਦੋਸ਼ ਲਗਾਉਣ ਵਾਲੀ ਹੈਬੀਅਸ ਕਾਰਪਸ ਪਟੀਸ਼ਨ 'ਤੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਅਦਾਲਤ ਨੂੰ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਹਿਰਾਸਤ 'ਚ ਨਹੀਂ ਹੈ ਪਰ ਪੁਲਿਸ ਉਸ ਨੂੰ ਗ੍ਰਿਫ਼ਤਾਰ ਕਰਨ ਦੇ ਨੇੜੇ ਹੈ ਅਤੇ ਉਸ ਨੂੰ ਕਾਬੂ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਕਾਨੂੰਨੀ ਸਲਾਹਕਾਰ ਈਮਾਨ ਸਿੰਘ ਖਾਰਾ ਨੇ ਪਟੀਸ਼ਨ ਵਿਚ ਦੱਸਿਆ ਕਿ ਅੰਮ੍ਰਿਤਪਾਲ ਜਲੰਧਰ ਦੇ ਸ਼ਾਹਕੋਟ ਪੁਲਿਸ ਥਾਣੇ ਵਿਚ 'ਗੈਰ-ਕਾਨੂੰਨੀ' ਹਿਰਾਸਤ ਵਿਚ ਹੈ। ਆਪਣੀ ਦਲੀਲ ਨੂੰ ਮਜ਼ਬੂਤ ਕਰਨ ਲਈ ਵਕੀਲ ਨੇ ਕਿਹਾ ਕਿ ਉਨ੍ਹਾਂ ਕੋਲ 18 ਮਾਰਚ ਦੀ ਸੀ.ਸੀ.ਟੀ.ਵੀ. ਫੁਟੇਜ ਹੈ। ਦੋਵਾਂ ਧਿਰਾਂ ਦੀ ਦਲੀਲਾਂ ਸੁਣਨ ਤੋਂ ਬਾਅਦ ਜਸਟਿਸ ਐਨ.ਐਸ. ਸ਼ੇਖਾਵਤ ਦੇ ਬੈਂਚ ਨੇ ਪੰਜਾਬ ਸਰਕਾਰ ਨੂੰ ਇਸ ਸੰਬੰਧੀ ਹਲਫ਼ਨਾਮਾ ਦਾਇਰ ਕਰਨ ਅਤੇ ਪਟੀਸ਼ਨਰ ਦੇ ਵਕੀਲ ਨੂੰ ਅੰਮ੍ਰਿਤਪਾਲ ਸਿੰਘ ਦੇ ਪੰਜਾਬ ਪੁਲਿਸ ਦੀ ਗੈਰ-ਕਾਨੂੰਨੀ ਹਿਰਾਸਤ ਵਿਚ ਹੋਣ ਸੰਬੰਧੀ ਸਬੂਤ ਪੇਸ਼ ਕਰਨ ਲਈ ਕਿਹਾ ਹੈ। ਹਾਈਕੋਰਟ ਨੇ ਕਿਹਾ ਕਿ ਇਸ ਮੁੱਦੇ 'ਤੇ ਸਰਕਾਰ ਦਾ ਸਪੱਸ਼ਟ ਸਟੈਂਡ ਹੈ ਕਿ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਅਦਾਲਤ ਨੇ ਕਿਹਾ ਕਿ ਜੇਕਰ ਅੰਮ੍ਰਿਤਪਾਲ ਨੂੰ ਗੈਰ-ਕਾਨੂੰਨੀ ਹਿਰਾਸਤ ਵਿਚ ਰੱਖਣ ਲਈ ਬੈਂਚ ਦੇ ਸਾਹਮਣੇ ਤੱਥ ਅਤੇ ਸਮੱਗਰੀ ਰੱਖੀ ਜਾਂਦੀ ਹੈ ਤਾਂ ਅਦਾਲਤ ਇਕ ਵਾਰੰਟ ਅਫ਼ਸਰ ਨਿਯੁਕਤ ਕਰੇਗੀ। ਇਥੇ ਤੱਕ ਕਿ ਸੰਬੰਧਿਤ ਸੀ.ਜੀ.ਐਮ. ਨੂੰ ਤੁਰੰਤ ਛਾਪਾ ਮਾਰਨ ਲਈ ਕਹੇਗੀ। ਕੇਸ ਦੀ ਅਗਲੀ ਸੁਣਵਾਈ ਬੁੱਧਵਾਰ ਨੂੰ ਹੋਵੇਗੀ।
ਵਿਕਾਸ ਸਚਦੇਵਾ
ਜਸਪਾਲ ਸਿੰਘ
ਜਲੰਧਰ, 28 ਮਾਰਚ-ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੁਪਾਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬੇ ਦੀ 'ਆਪ' ਸਰਕਾਰ ਹਰ ਮੁਹਾਜ਼ 'ਤੇ ਨਾਕਾਮ ਸਾਬਤ ਹੋਈ ਹੈ। ਪੰਜਾਬ 'ਚ ਇਸ ...
* ਗੁਰਮਤਿ ਪ੍ਰਚਾਰ, ਸਿੱਖਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਲਈ ਤਿਆਰ ਕਰਨਾ ਤੇ ਵਿਦੇਸ਼ਾਂ 'ਚ ਕੇਂਦਰ ਖੋਲ੍ਹਣੇ ਭਵਿੱਖੀ ਏਜੰਡਾ-ਧਾਮੀ
* ਪਹਿਲੀ ਵਾਰ ਹਰਿਆਣਾ ਦੇ ਗੁਰਦੁਆਰਿਆਂ ਲਈ ਰੱਖਿਆ ਗਿਆ 57 ਕਰੋੜ 11 ਲੱਖ ਰੁਪਏ ਦਾ ਵੱਖਰਾ ਬਜਟ
* ਸ੍ਰੀ ਹਰਿਮੰਦਰ ਸਾਹਿਬ ਲਈ ਰੱਖੇ 3.70 ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX